ਫ਼ਿਲਮ 'ਸਤਲੁਜ' 'ਤੇ ਪਾਬੰਦੀ ਦਾ ਤਿੱਖਾ ਵਿਰੋਧ! ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਧਾਮੀ ਦੀ ਅਗਵਾਈ ਹੇਠ ਰੋਸ ਮਾਰਚ ਕੱਢ ਕੇ ਜਤਾਇਆ ਵੱਡਾ ਇਤਰਾਜ਼ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ। ਇਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
Publish Date: Fri, 10 Jul 2026 12:22 PM (IST)
Updated Date: Fri, 10 Jul 2026 12:24 PM (IST)
ਅੰਮ੍ਰਿਤਪਾਲ ਸਿੰਘ , ਪੰਜਾਬੀ ਜਾਗਰਣ, ਅੰਮ੍ਰਿਤਸਰ : ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ। ਇਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਫਿਲਮ ਸਤਲੁਜ ਵਿਚ ਜਿਥੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਲਈ ਕੀਤੇ ਕਾਰਜਾਂ ਨੂੰ ਬਿਆਨ ਕੀਤਾ ਗਿਆ ਹੈ, ਉਥੇ ਇਸ ਫਿਲਮ ਵਿਚ ਸਿੱਖ ਨੌਜੁਆਨਾਂ ਨਾਲ ਹੋਏ ਪੁਲਿਸ ਅੱਤਿਆਚਾਰਾਂ ਨੂੰ ਵੀ ਦਰਸਾਇਆ ਗਿਆ ਹੈ। ਭਾਈ ਜਸਵੰਤ ਸਿੰਘ ਖਾਲੜਾ ਨੇ ਉਨ੍ਹਾਂ ਬੇਕਸੂਰ ਨੌਜੁਆਨਾਂ ਨੂੰ ਇਨਸਾਫ਼ ਦਵਾਉਣ ਲਈ ਸੰਘਰਸ਼ ਕੀਤਾ, ਜਿਨ੍ਹਾਂ ਦੇ ਪੁਲਿਸ ਨੇ ਝੂਠੇ ਮੁਕਾਬਲੇ ਬਣਾਏ। ਇਸ ਫਿਲਮ ਨੇ ਸਰਕਾਰੀ ਪ੍ਰਬੰਧ ਵੱਲੋਂ ਸਿੱਖਾਂ ਨਾਲ ਕੀਤੀਆਂ ਵਧੀਕੀਆਂ ਨੂੰ ਜਗ-ਜਾਹਿਰ ਕੀਤਾ ਹੈ।
ਸਰਕਾਰ ਨੇ ਇਸ ਫਿਲਮ ’ਤੇ ਰੋਕ ਲਗਾ ਕੇ ਸੱਚ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਸ਼੍ਰੋੋਮਣੀ ਕਮੇਟੀ ਇਸ ਸਬੰਧੀ ਆਪਣਾ ਰੋਸ ਜਾਹਿਰ ਕਰਨ ਅਤੇ ਸਰਕਾਰ ਤੱਕ ਅਵਾਜ਼ ਪਹੁੰਚਾਉਣ ਲਈ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢ ਰਹੀ ਹੈ ਅਤੇ ਇਸ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ। ਇਹ ਮਾਰਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਗੇਟ ਗੋਲਡਨ ਪਲਾਜਾ ਤੋਂ ਪੈਦਲ ਆਰੰਭ ਹੋਇਆ ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ । ਇਸ ਮਾਰਚ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਧਿਕਾਰੀ ਤੇ ਮੁਲਾਜ਼ਮ ਸ਼ਾਮਿਲ ਹੋਏ ਹਨ ।