ਆਦਮਪੁਰਾ ‘ਚ ਭੱਲਾ ਦਾ ਸਿਰੋਪਾ ਦੇ ਕੇ ਕੀਤਾ ਸਨਮਾਨ ਆਦਮਪੁਰਾ ‘ਚ ਭੱਲਾ ਦਾ ਸਿਰੋਪਾ ਦੇ ਕੇ ਕੀਤਾ ਸਨਮਾਨ
Publish Date: Wed, 28 Oct 2026 06:04 PM (IST)
Updated Date: Wed, 28 Oct 2026 06:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਬਠਿੰਡਾ, ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਦਾ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਦੇ ਪਿੰਡ ਆਦਮਪੁਰਾ ਵਿਖੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਪਾਰਟੀ ਦੇ ਵਲੰਟੀਅਰਾਂ ਅਤੇ ਸਮਰਥਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਕਦਮ ਚੁੱਕੇ ਜਾ ਰਹੇ ਹਨ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਕੰਮ ਕੀਤਾ ਜਾ ਰਿਹਾ ਹੈ। ਆਗਾਮੀ ਵਿਧਾਨ ਸਭਾ ਚੋਣਾਂ ਲੜਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਭੱਲਾ ਨੇ ਕਿਹਾ ਕਿ ਉਹ ਇਸ ਸਮੇਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਪਾਰਟੀ ਹਾਈਕਮਾਂਡ ਵੱਲੋਂ ਭਵਿੱਖ ਵਿਚ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨਾ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਪਿੰਡ ਆਦਮਪੁਰਾ ਵਿਖੇ ਮਿਲੇ ਸਨਮਾਨ ਨੂੰ ਉਨ੍ਹਾਂ ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਅਤੇ ਸਹਿਯੋਗ ਦਾ ਪ੍ਰਤੀਕ ਦੱਸਿਆ। ਇਸ ਮੌਕੇ ਕੁਲਦੀਪ ਸਿੰਘ ਪੰਚ, ਭਗਵੰਤ ਸਿੰਘ ਪੰਚਾਇਤ ਮੈਂਬਰ, ਨਵਤੇਜ ਸਿੰਘ ਬਲਾਕ ਸੰਮਤੀ ਮੈਂਬਰ, ਜੱਗੀ ਬਲਾਕ ਪ੍ਰਧਾਨ (ਸੋਸ਼ਲ ਮੀਡੀਆ) ਤੇ ਕੌਰ ਸਿੰਘ ਪੰਚ ਸਮੇਤ ਹੋਰ ਪਤਵੰਤੇ ਹਾਜ਼ਰ ਸਨ।