ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਬੰਦ ਕਰਨ ਦੇ ਫ਼ੈਸਲੇ ’ਤੇ ਤਿੱਖਾ ਇਤਰਾਜ਼ ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਬੰਦ ਕਰਨ ਦੇ ਫ਼ੈਸਲੇ 'ਤੇ ਤਿੱਖਾ ਇਤਰਾਜ਼
Publish Date: Wed, 28 Oct 2026 06:02 PM (IST)
Updated Date: Wed, 28 Oct 2026 06:04 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਡੇਰਾਬੱਸੀ ਵੱਲੋਂ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ ਮੰਡੀਆਂ ਬੰਦ ਕਰਨ ਦੇ ਲਏ ਗਏ ਫ਼ੈਸਲੇ ’ਤੇ ਤਿੱਖਾ ਇਤਰਾਜ਼ ਪ੍ਰਗਟਾਇਆ ਗਿਆ ਹੈ। ਇਸ ਸਬੰਧੀ ਅੱਜ ਜਥੇਬੰਦੀ ਦੇ ਕਾਰਜਕਾਰੀ ਬਲਾਕ ਪ੍ਰਧਾਨ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਇਕ ਵਫ਼ਦ ਵੱਲੋਂ ਤਹਿਸੀਲਦਾਰ ਡੇਰਾਬੱਸੀ ਬੀਰਕਰਨ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੇ ਚਾਰ ਜ਼ਿਲ੍ਹਿਆਂ ਦੀਆਂ 35 ਮੰਡੀਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਵੀ ਪੰਜ ਮੰਡੀਆਂ ਸ਼ਾਮਲ ਹਨ। ਇਨ੍ਹਾਂ ਵਿਚ ਨਗਲਾ ਰੋਡ (ਜ਼ੀਰਕਪੁਰ), ਧਨੌਨੀ, ਅਮਲਾਲਾ, ਟਿਵਾਣਾ ਅਤੇ ਸਨੇਟਾ ਮੰਡੀ ਸ਼ਾਮਲ ਹਨ। ਆਗੂਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਅਜੇ ਝੋਨੇ ਦਾ ਸੀਜ਼ਨ ਪੂਰੀ ਤਰ੍ਹਾਂ ਸਮਾਪਤ ਨਹੀਂ ਹੋਇਆ ਅਤੇ ਇਨ੍ਹਾਂ ਮੰਡੀਆਂ ਵਿਚ ਝੋਨੇ ਦੀ ਆਮਦ ਅਜੇ ਵੀ ਪੂਰੇ ਜ਼ੋਰਾਂ ਤੇ ਹੈ। ਅਜਿਹੇ ਸਮੇਂ ਮੰਡੀਆਂ ਬੰਦ ਕਰਨ ਦਾ ਪੱਤਰ ਜਾਰੀ ਹੋਣ ਨਾਲ ਕਿਸਾਨਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਦੂਜੀਆਂ ਮੰਡੀਆਂ ਵਿਚ ਜਾਣਾ ਪਵੇਗਾ, ਜਿਸ ਨਾਲ ਉਨ੍ਹਾਂ ਦਾ ਆਵਾਜਾਈ ਦਾ ਖ਼ਰਚਾ ਵਧੇਗਾ ਅਤੇ ਹੋਰ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆਉਣਗੀਆਂ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਮੰਡੀ ਬੋਰਡ ਵੱਲੋਂ ਜਾਰੀ ਇਸ ਪੱਤਰ ਨੂੰ ਤੁਰੰਤ ਰੱਦ ਕੀਤਾ ਜਾਵੇ ਤਾਂ ਜੋ ਕਿਸਾਨ ਆਪਣੀ ਬਾਕੀ ਰਹਿੰਦੀ ਫ਼ਸਲ ਬਿਨਾਂ ਕਿਸੇ ਦਿੱਕਤ ਦੇ ਨੇੜਲੀਆਂ ਮੰਡੀਆਂ ਵਿਚ ਹੀ ਵੇਚ ਸਕਣ। ਇਸ ਮੌਕੇ ਕਾਰਜਕਾਰੀ ਬਲਾਕ ਪ੍ਰਧਾਨ ਰਣਜੀਤ ਸਿੰਘ ਰਾਣਾ ਤੋਂ ਇਲਾਵਾ ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਹਰੀ ਸਿੰਘ, ਗੁਰਪਾਲ ਸਿੰਘ, ਧਰਮ ਸਿੰਘ, ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।