- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਸ਼ ਭਗਤ ਹਸਪਤਾਲ ਵੱਲੋਂ ਲਗਾਇਆ ਗਿਆ ਦੋ ਰੋਜ਼ਾ ਮੁਫ਼ਤ ਸਿਹਤ ਜਾਂਚ ਕੈਂਪ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਹਸਪਤਾਲ ਤੇ ਦੇਸ਼ ਭਗਤ ਆਯੁਰਵੈਦਿਕ ਹਸਪਤਾਲ ਵੱਲੋਂ ਪਿੰਡ ਸੌਂਟੀ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਵਿਖੇ ਦੋ ਦਿਨਾਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਚਾਂਸਲਰ ਡਾ. ਜ਼ੋਰਾ ਸਿੰਘ ਤੇ ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿਚ ਸੌਂਟੀ ਤੇ ਨੇੜਲੇ ਪਿੰਡਾਂ ਦੇ ਲਗਭਗ 550 ਮਰੀਜ਼ਾਂ ਨੇ ਆਪਣੀ ਜਾਂਚ ਕਰਵਾਈ। ਕੈਂਪ ਦੌਰਾਨ ਲੋਕਾਂ ਨੂੰ ਮੁਫ਼ਤ ਮਾਹਿਰ ਸਲਾਹ-ਮਸ਼ਵਰਾ, ਹੀਮੋਗਲੋਬਿਨ ਅਤੇ ਬਲੱਡ ਸ਼ੂਗਰ ਟੈਸਟ ਸਮੇਤ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਮਰੀਜ਼ਾਂ ਦੀਆਂ ਅੱਖਾਂ ਅਤੇ ਦੰਦਾਂ ਦੀ ਜਾਂਚ ਵੀ ਕੀਤੀ ਗਈ। ਕੈਂਪ ਵਿਚ ਮਾਹਿਰ ਡਾਕਟਰਾਂ, ਸਲਾਹਕਾਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਸਕੂਲ ਆਫ਼ ਨਰਸਿੰਗ ਤੇ ਡੈਂਟਲ ਵਿਭਾਗ ਦੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਇਸ ਦੌਰਾਨ ਨਰਸਿੰਗ ਟੀਮ ਨੇ ਲੋਕਾਂ ਨੂੰ ਸਿਹਤ ਸੰਭਾਲ ਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕ ਕੀਤਾ। ਕੈਂਪ ਦਾ ਤਾਲਮੇਲ ਕੈਂਪਸ ਡਾਇਰੈਕਟਰ ਡਾ. ਕੁਲਭੂਸ਼ਣ ਅਤੇ ਦੇਸ਼ ਭਗਤ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜੋਤੀ ਐਚ ਧਾਮੀ ਵੱਲੋਂ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਨੂੰ ਮੁਫ਼ਤ ਡਾਕਟਰੀ ਸੇਵਾਵਾਂ ਰਾਹੀਂ ਸਮਾਜ ਭਲਾਈ ’ਚ ਸ਼ਾਨਦਾਰ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੂਰੀ ਮੈਡੀਕਲ ਟੀਮ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।