- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨਰੇਗਾ ਕਰਮਚਾਰੀਆਂ ਵੱਲੋਂ ਮੰਗਾਂ ਨੂੰ ਲੈ ਕੇ ਡਾਕਖ਼ਾਨਾ ਚੌਕ 'ਚ ਧਰਨਾ, ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ : ਮਨਰੇਗਾ ਕਰਮਚਾਰੀ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ’ਚ ਮਰਜ ਕਰਕੇ ਸਥਾਈ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ 40 ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਹਨ। ਇਸ ਦੌਰਾਨ ਮੁਲਾਜ਼ਮਾਂ ਵੱਲੋਂ ਸਥਾਨਕ ਦਫ਼ਤਰ ਏਡੀਸੀ (ਵਿਕਾਸ) ਗੁਰਦਾਸਪੁਰ ’ਚ ਇਕੱਠ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਸਰਕਾਰ ਦੇ ਵਾਅਦਿਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇੱਕ ਰੋਸ ਰੈਲੀ ਕੱਢ ਕੇ ਡਾਕਖ਼ਾਨਾ ਚੌਕ ’ਚ ਧਰਨਾ ਦਿੱਤਾ ਗਿਆ ਅਤੇ ਮਗਰੋਂ ਸੂਬਾ ਸਰਕਾਰ ਦਾ ਪੁਤਲਾ ਸਾੜਿਆ ਗਿਆ।
ਮਨਰੇਗਾ ਕਰਮਚਾਰੀ ਯੂਨੀਅਨ ਗੁਰਦਾਸਪੁਰ ਦੇ ਪ੍ਰਧਾਨ ਸੰਦੀਪ ਸਿੰਘ ਨੇ ਦੱਸਿਆ ਕਿ ਉਹ 18 ਸਾਲਾਂ ਤੋਂ ਕੰਟਰੈਕਟ ਆਧਾਰਿਤ ਨੌਕਰੀ ਕਰ ਰਹੇ ਹਨ। ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਨਰੇਗਾ ਮੁਲਾਜ਼ਮਾਂ ਦਾ ਇਸਤੇਮਾਲ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਮਗਰੋਂ ਵੀ ਕੋਈ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਫ਼ਸਰਸ਼ਾਹੀ ਦੀਆਂ ਮਨਮਾਨੀਆਂ ’ਤੇ ਕੋਈ ਕੰਟਰੋਲ ਨਹੀਂ ਹੈ। ਸੰਦੀਪ ਸਿੰਘ ਨੇ ਦੱਸਿਆ ਕਿ ਪਿਛਲੇ 40 ਦਿਨਾਂ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਦੋ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨਾਲ ਤਿੰਨ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਦੋਵਾਂ ਮੰਤਰੀਆਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਣ ਦੇ ਬਾਵਜੂਦ ਅਫ਼ਸਰਸ਼ਾਹੀ ਨੇ ਕੋਈ ਕਦਮ ਨਹੀਂ ਚੁੱਕਿਆ।
ਉਨ੍ਹਾਂ ਕਿਹਾ ਕਿ ਵਿਭਾਗ ਦੇ ਉੱਚ ਅਧਿਕਾਰੀ ਮੁਲਾਜ਼ਮਾਂ ਨੂੰ ਸਥਾਈ ਕਰਨ ਦੀ ਬਜਾਏ ਨੌਕਰੀ ਤੋਂ ਕੱਢ ਕੇ ਨਵੀਂ ਭਰਤੀ ਕਰਨ ਦੀਆਂ ਧਮਕੀਆਂ ਦੇ ਰਹੇ ਹਨ। ਮੁੱਖ ਮੰਤਰੀ ਲੋਕ ਮਿਲਣੀ ਪ੍ਰੋਗਰਾਮਾਂ ’ਚ 70 ਹਜ਼ਾਰ ਨਵੀਆਂ ਨੌਕਰੀਆਂ ਦੇਣ ਅਤੇ ਠੇਕੇਦਾਰੀ ਸਿਸਟਮ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਦਾਅਵਾ ਕਰ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ 15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਖੰਨਾ ਰਿਹਾਇਸ਼ ਦੇ ਘੇਰਾਬੰਦੀ ਦੌਰਾਨ 20 ਹਜ਼ਾਰ ਤੋਂ ਵੱਧ ਮੁਲਾਜ਼ਮ ਇਕੱਠੇ ਕੀਤੇ ਜਾਣਗੇ ਅਤੇ ਮੁੱਖ ਮੰਤਰੀ ਦੀਆਂ ਲੋਕ ਮਿਲਣੀਆਂ ’ਚ ਪਹੁੰਚ ਕੇ ਉਨ੍ਹਾਂ ਨੂੰ ਵੀ ਸਵਾਲ ਕੀਤੇ ਜਾਣਗੇ। ਇਸ ਮੌਕੇ ਭੁਪਿੰਦਰ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਕੌਰ, ਪ੍ਰੇਮ ਸਿੰਘ, ਤਰਸੇਮ ਸਿੰਘ, ਦਲਬੀਰ ਸਿੰਘ, ਕਰਨੈਲ ਸਿੰਘ, ਜਗਪ੍ਰੀਤ ਕੌਰ, ਵਿਸ਼ਾਲੀ, ਦਲਬੀਰ ਸਿੰਘ ਆਦਿ ਹਾਜ਼ਰ ਸਨ।