ਨਵੀਂ ਕੇਸੀਸੀ ਪਾਲਿਸੀ ਖ਼ਿਲਾਫ਼ ਜ਼ਿਲ੍ਹਾ ਪੱਧਰੀ ਰੋਸ ਧਰਨਾ ਅੱਜ ਨਵੀਂ ਕੇਸੀਸੀ ਪਾਲਿਸੀ ਖ਼ਿਲਾਫ਼ ਸਹਿਕਾਰੀ ਸਭਾ ਕਰਮਚਾਰੀ ਅੱਜ ਦੇਣਗੇ ਜ਼ਿਲ੍ਹਾ ਪੱਧਰੀ ਰੋਸ ਧਰਨਾ
Publish Date: Wed, 28 Oct 2026 04:20 PM (IST)
Updated Date: Wed, 28 Oct 2026 04:22 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ: ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾ ਕਰਮਚਾਰੀ ਯੂਨੀਅਨ, ਜ਼ਿਲ੍ਹਾ ਹੁਸ਼ਿਆਰਪੁਰ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਸਟੇਟ ਕੋਆਪਰੇਟਿਵ ਬੈਂਕ ਅਤੇ ਸਬੰਧਿਤ ਵਿਭਾਗਾਂ ਵੱਲੋਂ ਸਹਿਕਾਰੀ ਸਭਾਵਾਂ ਵਿੱਚ ਨਵੀਂ ਕਿਸਾਨ ਕ੍ਰੈਡਿਟ ਕਾਰਡ ਪਾਲਿਸੀ ਲਾਗੂ ਕਰਨ ਦੀ ਤਿਆਰੀ ’ਤੇ ਰੋਸ ਪ੍ਰਗਟਾਇਆ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਨਵੀਂ ਪਾਲਿਸੀ ਲਾਗੂ ਹੋਣ ਨਾਲ ਕਿਸਾਨ ਮੈਂਬਰਾਂ ਅਤੇ ਸਹਿਕਾਰੀ ਸਭਾਵਾਂ ’ਤੇ ਵਿਆਜ ਦਾ ਵਿੱਤੀ ਬੋਝ ਵਧ ਸਕਦਾ ਹੈ, ਜਿਸ ਨਾਲ ਸਭਾਵਾਂ ਦੀ ਵਿੱਤੀ ਸਥਿਤੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਸਹਿਕਾਰੀ ਸਭਾਵਾਂ ਦੇ ਕਮਿਸ਼ਨ ਵਿੱਚ ਕੀਤੀ ਕਟੌਤੀ ਨਾਲ ਵੀ ਆਮਦਨ ਘਟੇਗੀ ਅਤੇ ਕਰਮਚਾਰੀਆਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗਾਂ ਤੋਂ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ। ਆਗੂਆਂ ਨੇ ਐਲਾਨ ਕੀਤਾ ਕਿ ਨਵੀਂ ਕੇਸੀਸੀ ਪਾਲਿਸੀ ਅਤੇ ਕਮਿਸ਼ਨ ਵਿੱਚ ਕਟੌਤੀ ਵਿਰੁੱਧ 29 ਅਕਤੂਬਰ ਨੂੰ ਹੁਸ਼ਿਆਰਪੁਰ ਸਹਿਕਾਰੀ ਬੈਂਕ ਦੇ ਮੁੱਖ ਦਫ਼ਤਰ ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਪਾਲਿਸੀ ਵਿੱਚ ਲੋੜੀਂਦੀਆਂ ਸੋਧਾਂ ਕਰਕੇ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਦੇ ਹਿੱਤ ਸੁਰੱਖਿਅਤ ਕੀਤੇ ਜਾਣ। ਮੀਟਿੰਗ ਵਿੱਚ ਜਨਰਲ ਸਕੱਤਰ ਦਵਿੰਦਰ ਸਿੰਘ, ਸਟੇਟ ਡੈਲੀਗੇਟ ਪਰਮਜੀਤ ਸਿੰਘ ਤੇ ਚਰਨਜੀਤ ਸਿੰਘ ਸਮੇਤ ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਅਤੇ ਯੂਨੀਅਨ ਮੈਂਬਰ ਹਾਜ਼ਰ ਸਨ।