- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਸਾਂਝੇ ਮੰਚ ਦੇ ਆਗੂਆਂ ਨੇ ਐਲਾਨ ਕੀਤਾ ਕਿ 17 ਜੁਲਾਈ ਨੂੰ ਸੂਬੇ ਭਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਮੋਹਾਲੀ ਵੱਲ ਕੂਚ ਕਰਕੇ ਵਿਸ਼ਾਲ ਰੋਸ ਰੈਲੀ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵਿਆਪਕ ਅਤੇ ਤਿੱਖਾ ਕੀਤਾ ਜਾਵੇਗਾ।

ਪ੍ਰਿੰਸ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ :- ਸਾਂਝਾ ਮੁਲਾਜ਼ਮ ਮੰਚ ਦੇ ਸੂਬਾ ਪੱਧਰੀ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਸ਼ੁੱਕਰਵਾਰ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੀ ਲੁਧਿਆਣਾ ਸਥਿਤ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਮੰਤਰੀ ਦੇ ਨਾਮ ਚੇਤਾਵਨੀ ਪੱਤਰ ਸੌਂਪਦਿਆਂ ਜਥੇਬੰਦੀਆਂ ਨੇ ਲਟਕਦੀਆਂ ਮੰਗਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਹੀ ਰਵੱਈਆ ਜਾਰੀ ਰੱਖਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਮੁਲਾਜ਼ਮ ਵਰਗ ਇਸ ਦਾ ਜਵਾਬ ਦੇਵੇਗਾ। ਆਗੂਆਂ ਨੇ ਮੰਤਰੀ ਹਰਦੀਪ ਸਿੰਘ ਮੁੰਡੀਆ ਨੂੰ ਕਿਹਾ ਕਿ ਜੇਕਰ ਸਰਕਾਰ ਨੂੰ ਮੁਲਾਜ਼ਮਾਂ ਦੀ ਹਮਾਇਤ ਚਾਹੀਦੀ ਹੈ ਤਾਂ ਪਹਿਲਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ।
ਆਗੂਆਂ ਨੇ ਦੋਸ਼ ਲਗਾਇਆ ਕਿ 18 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਏਸੀਪੀ ਸਕੀਮ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 17 ਜੁਲਾਈ 2020 ਦੇ ਪੱਤਰ ਰਾਹੀਂ ਲਾਗੂ ਕੀਤੇ ਤਨਖ਼ਾਹ ਢਾਂਚੇ ਨੂੰ ਰੱਦ ਕਰਨ, 15 ਜਨਵਰੀ 2015 ਦੇ ਪ੍ਰੋਬੇਸ਼ਨ ਮਿਆਦ ਵਿੱਚ ਵਾਧੇ ਵਾਲੇ ਪੱਤਰ ਨੂੰ ਵਾਪਸ ਲੈਣ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਮਾਣ-ਭੱਤੇ ’ਤੇ ਕੰਮ ਕਰ ਰਹੀਆਂ ਬੀਬੀਆਂ ਨੂੰ ਘੱਟੋ-ਘੱਟ ਉਜਰਤਾਂ ਦੇਣ ਵਰਗੀਆਂ ਮੰਗਾਂ ਲੰਬੇ ਸਮੇਂ ਤੋਂ ਅਣਸੁਣੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਸਾਂਝੇ ਮੰਚ ਦੇ ਆਗੂਆਂ ਨੇ ਐਲਾਨ ਕੀਤਾ ਕਿ 17 ਜੁਲਾਈ ਨੂੰ ਸੂਬੇ ਭਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਮੋਹਾਲੀ ਵੱਲ ਕੂਚ ਕਰਕੇ ਵਿਸ਼ਾਲ ਰੋਸ ਰੈਲੀ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵਿਆਪਕ ਅਤੇ ਤਿੱਖਾ ਕੀਤਾ ਜਾਵੇਗਾ।
ਰੋਸ ਪ੍ਰਦਰਸ਼ਨ ਦੌਰਾਨ ਸਾਂਝਾ ਮੁਲਾਜ਼ਮ ਮੰਚ ਦੇ ਆਗੂ ਹਰਪਾਲ ਸਿੰਘ, ਰਾਕੇਸ਼ ਸੈਣੀ, ਹਰਜੀਤ ਸਿੰਘ ਔਲਖ, ਨਿਰਮਲ ਸਿੰਘ ਹੁਸ਼ਿਆਰਪੁਰ, ਰਵੇਲ ਸਿੰਘ ਸਹਾਏਪੁਰ, ਕਰਮਜੀਤ ਸਿੰਘ, ਜਸਵੀਰ ਸਿੰਘ ਆਂਡਲੂ, ਇੰਜ. ਰਣਜੀਤ ਸਿੰਘ ਢਿੱਲੋਂ, ਕੌਰ ਸਿੰਘ ਸੋਹੀ, ਦਲੀਪ ਕੁਮਾਰ, ਰਾਧੇ ਸ਼ਿਆਮ, ਬਾਬਾ ਅਮਰਜੀਤ ਸਿੰਘ, ਪਵਨਪ੍ਰੀਤ ਸਿੰਘ, ਗੁਰਪਿਆਰ ਸਿੰਘ ਅਤੇ ਹਰਵਿੰਦਰ ਸਿੰਘ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।