- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫਾਈ ਸੇਵਕ ਯੂਨੀਅਨ ਪੰਜਾਬ

ਵਕੀਲ ਮਹਿਰੋਂ, ਪੰਜਾਬੀ ਜਾਗਰਣ
ਮੋਗਾ : ਸਫਾਈ ਸੇਵਕ ਯੂਨੀਅਨ ਪੰਜਾਬ ਅਤੇ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਨਗਰ ਨਿਗਮ ਮੋਗਾ ਦੇ ਸਮੂਹ ਮਿਊਨਸੀਪਲ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਕੰਮ ਛੱਡ ਹੜਤਾਲ ਚੋਥੇ ਦਿਨ ਵੀ ਪੂਰੇ ਜੋਸ਼ ਅਤੇ ਏਕਤਾ ਨਾਲ ਜਾਰੀ ਰਹੀ। ਨਗਰ ਨਿਗਮ ਦਫ਼ਤਰ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ, ਸੀਵਰੇਜ ਅਤੇ ਹੋਰ ਨਗਰ ਨਿਗਮ ਸੇਵਾਵਾਂ ਪ੍ਰਭਾਵਿਤ ਰਹੀਆਂ।
ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮਿਊਨਸੀਪਲ ਇਮਪਲਾਈਜ ਫੈਡਰੇਸ਼ਨ ਨਗਰ ਨਿਗਮ ਮੋਗਾ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਮਿਊਨਸੀਪਲ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਕਾਫ਼ੀ ਲੰਮੇ ਸਮੇਂ ਤੋਂ ਸਰਕਾਰ ਕੋਲ ਲਟਕੀਆਂ ਪਈਆਂ ਹਨ ਪਰ ਅਜੇ ਤੱਕ ਉਨ੍ਹਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਸ ਵੇਲੇ ਸਰਕਾਰ ਨੇ ਚੋਣ ਜ਼ਾਬਤਾ ਖ਼ਤਮ ਹੋਣ ਤੱਕ ਦਾ ਸਮਾਂ ਮੰਗਿਆ ਸੀ ਤੇ ਯੂਨੀਅਨ ਨੇ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਕ ਮਹੀਨੇ ਦਾ ਸਮਾਂ ਵੀ ਦਿੱਤਾ ਪਰ ਚੋਣ ਜ਼ਾਬਤਾ ਸਮਾਪਤ ਹੋਣ ਦੇ ਬਾਵਜੂਦ ਸਰਕਾਰ ਨੇ ਆਪਣੇ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਤੇ ਹੜਤਾਲ ਲਗਾਤਾਰ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਦੇਖੀ ਕਾਰਨ ਮੁਲਾਜ਼ਮਾਂ ਨੂੰ ਸੜਕਾਂ ’ਤੇ ਉਤਰਨਾ ਪਿਆ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਕਈ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਹੜਤਾਲ ਨੂੰ ਆਪਣਾ ਸਮਰਥਨ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਮੰਨਿਆ ਜਾਣਾ ਚਾਹੀਦਾ ਹੈ ਤਾਂ ਜੋ ਸ਼ਹਿਰ ਦੀਆਂ ਜਨਤਕ ਸੇਵਾਵਾਂ ਮੁੜ ਪਹਿਲਾਂ ਵਾਂਗ ਸੁਚਾਰੂ ਢੰਗ ਨਾਲ ਚੱਲ ਸਕਣ। ਧਰਨੇ ਅਤੇ ਰੋਸ ਪ੍ਰਦਰਸ਼ਨ ਦੌਰਾਨ ਮਿਊਨਸੀਪਲ ਇਮਪਲਾਈਜ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ, ਜਨਰਲ ਸਕੱਤਰ ਵਿੱਕੀ ਬੋਹਤ, ਚੇਅਰਮੈਨ ਸਿਕੰਦਰ ਗੁੱਲੂ, ਚੀਫ਼ ਸਕੱਤਰ ਨਰੋਤਮ ਬੋਹਤ, ਕੈਸ਼ੀਅਰ ਜੋਗਿੰਦਰ ਭੁੱਲਰ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ, ਜਨਰਲ ਸਕੱਤਰ ਵਿਸ਼ਵਨਾਥ ਜੋਨੀ, ਚੇਅਰਮੈਨ ਰਜਿੰਦਰ ਬੋਹਤ, ਕੈਸ਼ੀਅਰ ਅਜੇ ਪੰਤਮੋਲੀ, ਚੀਫ਼ ਸਕੱਤਰ ਰਵੀ ਸਰਵਾਨ, ਸੀਨੀਅਰ ਆਗੂ ਮਦਨ ਲਾਲ ਬੋਹਤ, ਰਿਟਾਇਰਮੈਂਟ ਯੂਨੀਅਨ ਦੇ ਪ੍ਰਧਾਨ ਹਰਕ੍ਰਿਸ਼ਨ ਬੋਹਤ, ਹਰਬੰਸ ਸਾਗਰ, ਸੰਯੁਕਤ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਚਾਵਰੀਆ, ਬੇਲਦਾਰ ਯੂਨੀਅਨ ਤੋਂ ਜਸਮੇਲ ਸਿੰਘ ਅਤੇ ਪ੍ਰਵੀਨ ਕੁਮਾਰ, ਸੀਵਰੇਜ ਯੂਨੀਅਨ ਤੋਂ ਸਤੀਸ਼ ਕੁਮਾਰ, ਜਸਪਾਲ, ਰਾਜ ਕੁਮਾਰ ਚੰਡਾਲੀਆ, ਅਸ਼ੋਕ ਪੰਤਮੋਲੀ, ਰਘੂਵੀਰ ਅਨਾਰੀਆ, ਅਜੇ ਚਾਵਰੀਆ, ਕੁਲਵੰਤ ਰਾਏ, ਸੁਰੇਸ਼ ਕਰੋਤੀਆ, ਸੁਰੇਸ਼ ਰਾਜਪੂਤ, ਅਭੀਜੀਤ ਰਾਜਪੂਤ ਸਮੇਤ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਯੂਨੀਅਨ ਆਗੂ ਹਾਜ਼ਰ ਸਨ।