ਆਵਾਰਾ ਕੁੱਤੇ ਡੀਸੀ ਕੰਪਲੈਕਸ ’ਚ ਛੱਡਣ ਦੀ ਚਿਤਾਵਨੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ
Publish Date: Fri, 10 Jul 2026 03:56 PM (IST)
Updated Date: Fri, 10 Jul 2026 03:57 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਮੋਗਾ-1 ਦੀ ਮੀਟਿੰਗ ਬਲਾਕ ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ ਦੀ ਅਗਵਾਈ ਹੇਠ ਮੀਟਿੰਗ ਹੋਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ ਅਤੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ’ਚ ਆਵਾਰਾ ਕੁੱਤਿਆਂ ਵੱਲੋਂ ਪੈਦਾ ਕੀਤੀ ਜਾ ਰਹੀ ਗੰਭੀਰ ਸਮੱਸਿਆ ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਵਿਖੇ ਅਵਾਰਾ ਕੁੱਤਿਆਂ ਵੱਲੋਂ ਇਕ ਗਰੀਬ ਪਰਿਵਾਰ ਦੇ ਵਿਅਕਤੀ ਨੂੰ ਨੋਚ-ਨੋਚ ਕੇ ਮਾਰ ਦੇਣ ਦੀ ਘਟਨਾ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ ਤਾਂ ਜੋ ਮ੍ਰਿਤਕ ਦੇ ਬੱਚਿਆਂ ਦੀ ਪਰਵਰਿਸ਼ ਅਤੇ ਪਰਿਵਾਰ ਦਾ ਗੁਜ਼ਾਰਾ ਹੋ ਸਕੇ। ਆਗੂਆਂ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਆਵਾਰਾ ਕੁੱਤਿਆਂ ਦਾ ਆਤੰਕ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਹਰ ਰੋਜ਼ ਬੱਚੇ, ਔਰਤਾਂ, ਬਜ਼ੁਰਗ ਅਤੇ ਆਮ ਰਾਹਗੀਰ ਕੁੱਤਿਆਂ ਦੇ ਹਮਲਿਆਂ ਦਾ ਸ਼ਿਕਾਰ ਹੋ ਰਹੇ ਹਨ। ਕਈ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਚੁੱਕੇ ਹਨ ਅਤੇ ਕੁੱਝ ਮਾਮਲਿਆਂ ਵਿਚ ਜਾਨੀ ਨੁਕਸਾਨ ਵੀ ਹੋਇਆ ਹੈ। ਇਸ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਬੰਧਤ ਵਿਭਾਗ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਕੋਈ ਠੋਸ ਕਦਮ ਚੁੱਕਦੇ ਨਜ਼ਰ ਨਹੀਂ ਆ ਰਹੇ। ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਸਮਾਂ ਰਹਿੰਦੇ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਪੱਕਾ ਅਤੇ ਪ੍ਰਭਾਵਸ਼ਾਲੀ ਹੱਲ ਨਾ ਕੀਤਾ ਤਾਂ ਜਲਦ ਹੀ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪ੍ਰਤੀਕਾਤਮਕ ਰੋਸ ਵਜੋਂ ਆਵਾਰਾ ਕੁੱਤਿਆਂ ਨੂੰ ਫੜ੍ਹ ਕੇ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਕੰਪਲੈਕਸ ਵਿਚ ਛੱਡਿਆ ਜਾਵੇਗਾ ਤਾਂ ਜੋ ਪ੍ਰਸ਼ਾਸਨ ਨੂੰ ਲੋਕਾਂ ਦੀ ਪੀੜਾ ਦਾ ਅਹਿਸਾਸ ਕਰਵਾਇਆ ਜਾ ਸਕੇ ਕਿਉਂਕਿ ਪ੍ਰਸ਼ਾਸਨ ਦੀ ਕੁੱਤਿਆਂ ਨੂੰ ਫੜ੍ਹਨ ਦੀ ਕਾਰਗੁਜ਼ਾਰੀ ਬਹੁਤ ਧੀਮੀ ਕਛੂਏ ਦੀ ਚਾਲ ਵਾਲੀ ਤੇ ਫੋਟੋਆਂ ਲਹਾਉਣ ਤੱਕ ਸੀਮਤ ਹੈ। ਲੱਖੋਵਾਲ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਪਹਿਲੀ ਜ਼ਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਜੇਕਰ ਲੋਕ ਆਪਣੇ ਹੀ ਘਰਾਂ, ਗਲੀਆਂ ਅਤੇ ਸੜਕਾਂ ਤੇ ਸੁਰੱਖਿਅਤ ਨਹੀਂ ਹਨ ਤਾਂ ਇਹ ਪ੍ਰਸ਼ਾਸਨ ਦੀ ਵੱਡੀ ਨਾਕਾਮੀ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਕਿਸੇ ਵੀ ਕੀਮਤ ਤੇ ਲੋਕਾਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਹੋਣ ਦੇਵੇਗੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਜ਼ਿਲ੍ਹੇ ਭਰ ਵਿਚ ਮੀਟਿੰਗਾਂ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਹਰਮਨਪ੍ਰੀਤ ਸਿੰਘ ਦੌਲਤਪੁਰਾ, ਰਾਮ ਸਨੇਹੀ ਮਿੰਟੂ ਮੋਗਾ, ਅਜਵਿੰਦਰ ਸਿੰਘ ਰੌਲੀ, ਪਾਲ ਸਿੰਘ ਤਤਾਰੀਏਵਾਲਾ, ਰਜਿੰਦਰ ਸਿੰਘ ਜਿੰਦੀ ਧੂਰਕੋਟ, ਗੁਰਜੀਤ ਸਿੰਘ ਧੂਰਕੋਟ, ਦਿਲਸ਼ਾਨ ਸਿੰਘ ਰਾਏ, ਗੁਰਜਾਪ ਸਿੰਘ ਰੌਲੀ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ।