- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਰੀ ਦੁਕਾਨ ਮੇਰੇ ਨਾਮ ਸਕੀਮ 100 ਫ਼ੀਸਦੀ ਲਾਗੂ ਕੀਤੀ ਜਾਵੇਗੀ: ਅਨਿਲ ਠਾਕੁਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਨੂੰ ਸੂਬੇ ਵਿਚ 100 ਫ਼ੀਸਦੀ ਲਾਗੂ ਕੀਤਾ ਜਾਵੇਗਾ। ਇਹ ਗੱਲ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਤੇ ਸਟੇਟ ਪ੍ਰੈਜ਼ੀਡੈਂਟ ਟ੍ਰੇਡ ਵਿੰਗ ਦੇ ਚੇਅਰਮੈਨ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਦੁਕਾਨਦਾਰਾਂ ਨਾਲ ਮੀਟਿੰਗ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਤੇ ਵਪਾਰੀਆਂ ਵਿਚਕਾਰ ਆਪਸੀ ਤਾਲਮੇਲ ਤੇ ਸਹਿਯੋਗ ਬਹੁਤ ਜ਼ਰੂਰੀ ਹੈ। ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੁਕਾਨਦਾਰਾਂ ਨੂੰ ਮਾਲਕੀ ਦੇ ਹੱਕ ਦੇਣ ਲਈ ਸ਼ੁਰੂ ਕੀਤੀ ਗਈ ਇਹ ਪਹਿਲ ਮਹੱਤਵਪੂਰਨ ਹੈ। ਇਸ ਨੂੰ ਸਫ਼ਲ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਤੇ ਵਪਾਰੀਆਂ ਦੇ ਸਹਿਯੋਗ ਨਾਲ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਜਿਹੜੇ ਇਸ ਸਕੀਮ ਤਹਿਤ ਆਪਣੀ ਦੁਕਾਨ ਦੀ ਮਾਲਕੀ ਹਾਸਲ ਕਰਨਾ ਚਾਹੁੰਦੇ ਹਨ, ਉਹ 6 ਤਾਰੀਖ ਤੱਕ ਆਪਣੇ ਫਾਰਮ ਭਰ ਕੇ ਜਮ੍ਹਾਂ ਕਰਵਾਉਣ, ਤਾਂ ਜੋ ਯੋਗ ਦੁਕਾਨਦਾਰਾਂ ਨੂੰ ਸਕੀਮ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਜਿਹੜੇ ਦੁਕਾਨਦਾਰ ਮਾਲਕੀ ਲੈਣ ਦੇ ਇੱਛੁਕ ਨਹੀਂ ਹਨ, ਉਹ ਆਪਣੀ ਸਹਿਮਤੀ ਨਾ ਹੋਣ ਬਾਰੇ ਲਿਖਤੀ ਜਾਣਕਾਰੀ ਦੇਣ, ਤਾਂ ਜੋ ਅਗਲੀ ਕਾਰਵਾਈ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਕੀਤੀ ਜਾ ਸਕੇ। ਮੀਟਿੰਗ ਦੌਰਾਨ ਪਲੈਨਿੰਗ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ, ਜ਼ਿਲ੍ਹਾ ਚੇਅਰਮੈਨ ਟ੍ਰੇਡ ਕਮਿਸ਼ਨ ਵਿਨੋਦ ਸਿੰਗਲਾ ਅਤੇ ਟ੍ਰੇਡ ਕਮਿਸ਼ਨ ਦੇ ਮੈਂਬਰ ਸੰਜੀਵ ਗੁਪਤਾ ਵੀ ਮੌਜੂਦ ਸਨ।