ਖ਼ਾਲਸਾ ਸਕੂਲ ’ਚ ਕਰਵਾਇਆ ਫੂਡ ਫੈਸਟ ਖ਼ਾਲਸਾ ਸਕੂਲ ਵਿੱਚ ਕਰਵਾਇਆ ਗਿਆ ਫੂਡ ਫੈਸਟ
Publish Date: Wed, 28 Oct 2026 06:00 PM (IST)
Updated Date: Wed, 28 Oct 2026 06:01 PM (IST)
ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਭ ਤੋਂ ਪੁਰਾਤਨ ਵਿੱਦਿਅਕ ਸੰਸਥਾ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ’ਚ ਕਮਰਸ ਵਿਭਾਗ ਵੱਲੋਂ ਫੂਡ ਫੈਸਟ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਸਵਾਦਿਸ਼ਟ ਪਕਵਾਨ ਤਿਆਰ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਫੂਡ ਫੈਸਟ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਤਮ ਨਿਰਭਰ ਬਣਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਵੈ-ਰੁਜ਼ਗਾਰ ਅਤੇ ਕਾਰੋਬਾਰ ਦੀਆਂ ਸੰਭਾਵਨਾਵਾਂ ਬਾਰੇ ਵੀ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸਿਰਫ਼ ਨੌਕਰੀਆਂ ਦੀ ਭਾਲ ਕਰਨ ਦੀ ਬਜਾਏ ਆਪਣੇ ਸਟਾਰਟਅੱਪ ਸ਼ੁਰੂ ਕਰਨ ਅਤੇ ਦੂਜਿਆਂ ਨੂੰ ਰੁਜ਼ਗਾਰ ਦੇਣ ਵਾਲੇ ਬਣਨ। ਫੂਡ ਫੈਸਟ ਦੌਰਾਨ ਵਿਦਿਆਰਥੀਆਂ ਵੱਲੋਂ ਭੇਲਪੁਰੀ, ਕਟੋਰੀ ਚਾਟ, ਓਜੀ ਪਾਸਤਾ, ਸੈਂਡਵਿਚ, ਓਰੀਓ ਸ਼ੇਕ ਸਮੇਤ ਕਈ ਤਰ੍ਹਾਂ ਦੇ ਪਕਵਾਨ ਤਿਆਰ ਕੀਤੇ ਗਏ। ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਸਮਾਗਮ ਦਾ ਖੂਬ ਆਨੰਦ ਮਾਣਿਆ ਅਤੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਪਕਵਾਨਾਂ ਦਾ ਸਵਾਦ ਚੱਖਿਆ। ਇਸ ਮੌਕੇ ਐਨਸੀਸੀ ਅਫ਼ਸਰ ਰਣਜੀਤ ਸਿੰਘ, ਜਸਪ੍ਰੀਤ ਸਿੰਘ, ਸੁਰਜੀਤ ਕੌਰ, ਮਨਪ੍ਰੀਤ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।