- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੰਗਲ ਅਨਾਜ ਮੰਡੀ ਦਾ ਚੇਅਰਮੈਨ ਚੰਨਣ ਸਿੰਘ ਨੇ ਕੀਤਾ ਦੌਰਾ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ

ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਮੁਸ਼ਕਲਾਂ ਦੇ ਤੁਰੰਤ ਹੱਲ ਦਾ ਦਿੱਤਾ ਭਰੋਸਾ
ਪੰਜਾਬੀ ਜਾਗਰਣ ਟੀਮ, ਨੰਗਲ: ਮਾਰਕੀਟ ਕਮੇਟੀ ਦੇ ਚੇਅਰਮੈਨ ਚੰਨਣ ਸਿੰਘ ਪਨੇ ਅੱਜ ਨੰਗਲ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੰਡੀ ’ਚ ਆਪਣੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣੀਆਂ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਮੰਡੀਆਂ ’ਚ ਫ਼ਸਲ ਦੀ ਖਰੀਦ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਲਈ ਪੂਰੀ ਤਰ੍ਹਾਂ ਗੰਭੀਰ ਹੈ। ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਨਾਜ ਮੰਡੀਆਂ ’ਚ ਖਰੀਦ ਪ੍ਰਬੰਧਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ’ਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਾਨ ਨੂੰ ਬੇਲੋੜੀ ਖੱਜਲ-ਖੁਆਰੀ ਨਾ ਹੋਵੇ। ਉਨ੍ਹਾਂ ਅਨੁਸਾਰ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ’ਚ ਸਫ਼ਾਈ, ਰੌਸ਼ਨੀ, ਪੀਣ ਵਾਲੇ ਸਾਫ਼ ਪਾਣੀ ਅਤੇ ਪਖਾਨਿਆਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੇ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ’ਚ ਆਪਣੀ ਫ਼ਸਲ ਲਿਆਉਣ ਸਮੇਂ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ। ਇਸ ਦੇ ਨਾਲ ਹੀ ਖਰੀਦ ਏਜੰਸੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਬਣਾਈ ਰੱਖਿਆ ਜਾ ਰਿਹਾ ਹੈ, ਤਾਂ ਜੋ ਝੋਨੇ ਦੀ ਖਰੀਦ, ਲਿਫ਼ਟਿੰਗ ਅਤੇ ਹੋਰ ਸਬੰਧਤ ਕਾਰਜ ਸੁਚਾਰੂ ਢੰਗ ਨਾਲ ਚੱਲ ਸਕਣ। ਚੇਅਰਮੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ’ਚ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖਰੀਦ ਸਮੇਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।