ਨਰੇਗਾ ਮੁਲਾਜ਼ਮ ਆਪਣੇ ਭਵਿੱਖ ਨੂੰ ਬਚਾਉਣ ਲਈ ਸਰਕਾਰ ਨਾਲ ਆਰ=ਪਾਰ ਦੀ ਲੜਾਈ ਲੜਣਗੇ : ਪ੍ਰਧਾਨ ਨਰੇਗਾਂ ਮੁਲਾਜ਼ਮਾਂ ਆਪਣੇ ਭਵਿੱਖ ਨੂੰ ਬਚਾਉਣ ਲਈ ਸਰਕਾਰ ਨਾਲ ਆਰਪਾਰ ਦੀ ਲੜਾਈ ਲੜਣਗੇ: ਪ੍ਰਧਾਨ
Publish Date: Fri, 10 Jul 2026 04:03 PM (IST)
Updated Date: Fri, 10 Jul 2026 04:06 PM (IST)
ਹੜਤਾਲ ‘ਤੇ ਬੈਠੇ ਨਰੇਗਾ ਮੁਲਾਜ਼ਮਾਂ ਨੇ ਸਰਕਾਰ ਦੇ ਵਾਅਦਿਆਂ ਦੀ ਪੰਡ ਫੂਕੀ ਤੇ ਕੀਤੀ ਨਾਅਰੇਬਾਜ਼ੀ ਪ੍ਰਸਤਾਵਿਤ ਲੀਡ: ਲਖਵੀਰ ਖਾਬੜਾ, ਪੰਜਾਬੀ ਜਾਗਰਣ ਰੂਪਨਗਰ : ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈਕੇ ਪਿਛਲੇ 40 ਦਿਨਾਂ ਤੋਂ ਹੜਤਾਲ ਤੇ ਚੱਲ ਰਹੇ ਜ਼ਿਲ੍ਹੇ ਦੇ ਸਮੂਹ ਨਰੇਗਾ ਮੁਲਾਜ਼ਮਾਂ ਵੱਲੋਂ ਸੂਬਾ ਕਮੇਟੀ ਦੇ ਸੱਦੇ ‘ਤੇ ਸ਼ੁੱਕਰਵਾਰ ਨੂੰ ਮਿੰਨੀ ਸਕੱਤਰੇਤ ਦੇ ਗੇਟ ਤੇ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੰਡ ਫੂਕੀ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਨਰੇਗਾ ਕਰਮਚਾਰੀ ਯੂਨੀਅਨ ਰੂਪਨਗਰ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਅਸੀਂ 18 ਸਾਲਾਂ ਤੋਂ ਕੰਟਰੈਕਟ ਆਧਾਰਿਤ ਨੌਕਰੀ ਕਰ ਰਹੇ ਹਾਂ। ਸਮੇਂ ਦੀਆਂ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਨਰੇਗਾ ਮੁਲਾਜ਼ਮਾਂ ਨੂੰ ਵਰਤਿਆ ਜਾਂਦਾ ਰਿਹਾ ਹੈ। ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੀ ਸੱਤਾ ਵਿਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ। ਅੱਜ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਕੋਈ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ। ਉਨ੍ਹਾਂ ਕਿਹਾਕਿ 40 ਦਿਨਾਂ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਦੋ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਤਿੰਨ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ। ਦੋਵਾਂ ਮੰਤਰੀਆਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਣ ਤੋਂ ਬਾਅਦ ਵੀ ਅਫ਼ਸਰਸ਼ਾਹੀ ਨੇ ਮੁਲਾਜ਼ਮਾਂ ਦਾ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾਕਿ 7 ਜੁਲਾਈ ਨੂੰ ਹੋਈ ਉੱਚ ਪੱਧਰੀ ਮੀਟਿੰਗ ਵਿਚ ਅਫ਼ਸਰਸ਼ਾਹੀ ਵੱਲੋਂ 15 ਸਾਲ ਪੁਰਾਣੇ ਲਾਰਿਆਂ ਤੋਂ ਇਲਾਵਾ ਮੁਲਾਜ਼ਮਾਂ ਲਈ ਕੁੱਝ ਵੀ ਨਹੀਂ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਅਫਸਰਾਂ ਵੱਲੋਂ ਫਾਈਲ ਤਿਆਰ ਕਰਨ ਦੀ ਰੱਟ ਲਾਈ ਰੱਖੀ ਜਦੋਂ ਕਿ 1 ਜੂਨ ਦੀ ਮੀਟਿੰਗ ਵਿਚ ਵੀ ਇਹੀ ਬਹਾਨਾ ਸੀ ਪਰ ਮੰਤਰੀ ਨੇ ਇੱਕ ਹਫ਼ਤੇ ਦਾ ਸਮਾਂ ਦਿੱਤਾ ਸੀ। ਵਿਭਾਗ ਦੇ ਉੱਚ ਅਧਿਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਨੌਕਰੀ ਤੋਂ ਕੱਢ ਕੇ ਨਵੀਂ ਭਰਤੀ ਕਰਨ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਨਰੇਗਾ ਮੁਲਾਜ਼ਮ ਪੇਂਡੂ ਵਿਕਾਸ ਦੇ ਰੀੜ੍ਹ ਦੀ ਹੱਡੀ ਹਨ। ਮੁਲਾਜ਼ਮਾਂ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਵਿਚ ਵੀ ਕਰੋੜਾਂ ਰੁਪਏ ਦਾ ਉਧਾਰ ਮਟੀਰੀਅਲ ਚੁੱਕ ਕੇ ਪਿੰਡਾਂ ਦਾ ਵਿਕਾਸ ਕਰਵਾਇਆ ਗਿਆ ਹੈ। ਪਿੰਡਾਂ ਦੇ ਲੱਖਾਂ ਗਰੀਬ ਪਰਿਵਾਰਾਂ ਨੂੰ ਰੋਜ਼ੀ ਦਿੱਤੀ ਗਈ ਹੈ। ਅੱਜ ਜਦੋਂ ਮੁਲਾਜ਼ਮ ਆਪਣਾ ਰੁਜ਼ਗਾਰ ਪੱਕਾ ਕਰਨ ਦੀ ਮੰਗ ਕਰਦੇ ਹਨ ਤਾਂ ਸਰਕਾਰ ਨੂੰ ਕੋਈ ਫ਼ਿਕਰ ਨਹੀਂ ਹੈ। ਉਨ੍ਹਾਂ ਕਿਹਾਕਿ ਮੁੱਖ ਮੰਤਰੀ 70,000 ਨਵੀਆਂ ਨੌਕਰੀਆਂ ਦੇਣ ਅਤੇ ਠੇਕੇਦਾਰੀ ਸਿਸਟਮ ਬਿਲਕੁਲ ਖ਼ਤਮ ਕਰਨ ਦਾ ਦਾਅਵਾ ਲੋਕ ਮਿਲਣੀ ਪ੍ਰੋਗਰਾਮਾਂ ਵਿਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਅਨ ਨੂੰ ਸਰਕਾਰ ਨਾਲ ਆਪਣੇ ਆਉਣ ਵਾਲੇ ਭਵਿੱਖ ਨੂੰ ਸਾਹਮਣੇ ਰੱਖ ਕੇ ਆਰਪਾਰ ਦੀ ਲੜਾਈ ਲੜਣ ਤੋਂ ਪਿੱਛੇ ਨਹੀ ਹਟੇਗੀ 15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਖੰਨਾ ਰਿਹਾਇਸ਼ ਦੇ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਤੇ ਸਤਨਾਮ ਸਿੰਘ ਪ੍ਰੈਸ ਸਕੱਤਰ, ਕਰਨਵੀਰ ਸਿੰਘ , ਸੋਨੀ, ਰਣਜੀਤ ਸਿੰਘ, ਰਾਜ ਕੁਮਾਰ ਟੀਏ, ਰਾਜਵਿੰਦਰ ਕੌਰ ਸੀਏ, ਰਮਨਦੀਪ ਕੌਰ ਸੀਏ, ਮਨਪ੍ਰੀਤ ਕੌਰ ਸੀਏ ਅਨੰਦਪੁਰ ਸਾਹਿਬ, ਅਤੇ ਦਿਲਬਾਗ ਸਿੰਘ ਅਤੇ ਸਾਰੇ ਸ਼੍ਰੇਣੀਆਂ ਦੇ ਮੁਲਾਜ਼ਮ ਹਾਜਰ ਰਹੇ।