- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਬੀਐਸ ਸਕੂਲ ਸੁਰਜੀਤਪੁਰਾ ਵਿਖੇ ਐਸਆਈਆਰ 2026 ਸਬੰਧੀ ਜਾਗਰੂਕਤਾ ਵਰਕਸ਼ਾਪ ਕਰਵਾਈ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਰਨਾਲਾ : ਐੱਸਬੀਐੱਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਵਿਦਿਆਰਥੀਆਂ ਨੂੰ ਐੱਸਆਈਆਰ 2026 ਸਬੰਧੀ ਜਾਣੂ ਕਰਵਾਉਣ ਲਈ ਇੱਕ ਜਾਗਰੂਕਤਾ ਵਰਕਸ਼ਾਪ ਕਰਵਾਈ। ਇਸ ਵਰਕਸ਼ਾਪ ’ਚ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਐੱਸਆਈਆਰ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਵਰਕਸ਼ਾਪ ਦੌਰਾਨ ਸਕੂਲ ਦੇ ਅਧਿਆਪਕ ਨਾਰਾਇਣ ਗਰਗ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਸਦਾ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਵੱਧ ਸਹੀ, ਪਾਰਦਰਸ਼ੀ ਤੇ ਅਪਡੇਟ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਸੂਚੀ ’ਚ ਸਹੀ ਤਰੀਕੇ ਨਾਲ ਦਰਜ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਜੇਕਰ ਪਰਿਵਾਰ ’ਚ ਕਿਸੇ ਮੈਂਬਰ ਦਾ ਨਾਂ ਵੋਟਰ ਸੂਚੀ ’ਚ ਦਰਜ ਨਹੀਂ ਹੈ ਜਾਂ ਕਿਸੇ ਜਾਣਕਾਰੀ ’ਚ ਸੋਧ ਦੀ ਲੋੜ ਹੈ ਤਾਂ ਉਸ ਨੂੰ ਸਮੇਂ ਸਿਰ ਪੂਰਾ ਕਰਵਾਉਣਾ ਚਾਹੀਦਾ ਹੈ। ਅਧਿਆਪਕ ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਐੱਸਆਈਆਰ ਨਾਲ ਸਬੰਧਿਤ ਦਸਤਾਵੇਜ਼ਾਂ, ਰਜਿਸਟ੍ਰੇਸ਼ਨ ਪ੍ਰਕਿਰਿਆ ਤੇ ਜਨ-ਜਾਗਰੂਕਤਾ ਦੀ ਲੋੜ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਘਰਾਂ ਤੇ ਆਸਪਾਸ ਦੇ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ ਕਿ ਉਹ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਨ ਤੇ ਲੋੜੀਂਦੀਆਂ ਸੋਧਾਂ ਸਮੇਂ ਸਿਰ ਕਰਵਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜਾਗਰੂਕ ਨਾਗਰਿਕ ਹੀ ਮਜ਼ਬੂਤ ਲੋਕਤੰਤਰ ਦੀ ਨੀਂਹ ਹੁੰਦੇ ਹਨ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਮਾਪਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਐੱਸਆਈਆਰ ਬਾਰੇ ਜਾਣੂ ਕਰਵਾਉਣ ਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ’ਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕਰਨ। ਇਸ ਮੌਕੇ ਸਕੂਲ ਵਾਈਸ ਪ੍ਰਿੰਸੀਪਲ ਡਾ. ਸੰਜੇ ਕੁਮਾਰ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਸਮਾਜਿਕ ਅਤੇ ਨਾਗਰਿਕ ਜ਼ਿੰਮੇਵਾਰੀਆਂ ਨਾਲ ਜੋੜਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਪਰਿਵਾਰਾਂ ਅਤੇ ਸਮਾਜ ’ਚ ਜਾਗਰੂਕਤਾ ਫੈਲਾਉਣ ਦੇ ਮਹੱਤਵਪੂਰਨ ਮਾਧਿਅਮ ਬਣ ਸਕਦੇ ਹਨ। ਸਕੂਲ ਪ੍ਰਿੰਸੀਪਲ ਕਮਲਜੀਤ ਕੌਰ ਨੇ ਆਪਣੇ ਸੰਦੇਸ਼ ’ਚ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਹੈ, ਸਗੋਂ ਵਿਦਿਆਰਥੀਆਂ ਨੂੰ ਇੱਕ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਐੱਸਆਈਆਰ ਦੀ ਜਾਣਕਾਰੀ ਆਪਣੇ ਪਰਿਵਾਰਾਂ ਤੇ ਸਮਾਜ ਤੱਕ ਪਹੁੰਚਾ ਕੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ’ਚ ਆਪਣਾ ਯੋਗਦਾਨ ਪਾਉਣ।