ਰਾਸ਼ਟਰੀ ਸਿੱਖਿਆ ਨੀਤੀ ਸਬੰਧੀ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਰਾਸ਼ਟਰੀ ਸਿੱਖਿਆ ਨੀਤੀ ਸਬੰਧੀ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ
Publish Date: Wed, 28 Oct 2026 06:49 PM (IST)
Updated Date: Wed, 28 Oct 2026 06:52 PM (IST)
ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ ਭਦੌੜ : ਸੁਪਰੀਮ ਕੌਨਵੈਂਟ ਸਕੂਲ ਵਿਖੇ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਜੋੜਨ ਦੇ ਉਦੇਸ਼ ਨਾਲ ‘ਰਾਸ਼ਟਰੀ ਸਿੱਖਿਆ ਨੀਤੀ 2020 ਵਿਸ਼ੇ ਤੇ ਇੱਕ ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ ਸਫਲਤਾਪੂਰਵਕ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਨਵੀਂ ਸਿੱਖਿਆ ਨੀਤੀ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਉਣਾ ਅਤੇ ਕਲਾਸਰੂਮ ਵਿੱਚ ਪ੍ਰਭਾਵਸ਼ਾਲੀ ਅਧਿਆਪਨ ਵਿਧੀਆਂ ਨੂੰ ਉਤਸ਼ਾਹਿਤ ਕਰਨਾ ਸੀ। ਸਿਖਲਾਈ ਪ੍ਰੋਗਰਾਮ ਦੌਰਾਨ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਮੁੱਖ ਉਦੇਸ਼ਾਂ ਵਿਦਿਆਰਥੀ-ਕੇਂਦਰਿਤ ਅਧਿਆਪਨ ਪ੍ਰਣਾਲੀ ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਇਸ ਗੱਲ ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਸਿੱਖਿਆ ਦਾ ਉਦੇਸ਼ ਕੇਵਲ ਪਾਠ-ਪੁਸਤਕਾਂ ਤੱਕ ਸੀਮਤ ਗਿਆਨ ਪ੍ਰਦਾਨ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ, ਤਰਕਸ਼ੀਲਤਾ, ਸਮੱਸਿਆਵਾਂ ਦੇ ਹੱਲ ਦੀ ਸਮਰੱਥਾ, ਸੰਚਾਰ ਹੁਨਰ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਵੀ ਹੈ। ਪ੍ਰੋਗਰਾਮ ਵਿੱਚ ਅਧਿਆਪਕਾਂ ਨੂੰ ਰਵਾਇਤੀ ਰੱਟਾ-ਆਧਾਰਿਤ ਸਿੱਖਿਆ ਦੀ ਬਜਾਏ ਗਤੀਵਿਧੀ-ਆਧਾਰਿਤ, ਪ੍ਰਯੋਗਾਤਮਕ ਅਤੇ ਵਿਹਾਰਕ ਸਿੱਖਿਆ ਨੂੰ ਤਰਜੀਹ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਸਮਾਵੇਸ਼ੀ ਸਿੱਖਿਆ, ਡਿਜੀਟਲ ਤਕਨਾਲੋਜੀ ਦੀ ਸੁਚੱਜੀ ਵਰਤੋਂ, ਵਿਦਿਆਰਥੀਆਂ ਦੀ ਵਿਅਕਤੀਗਤ ਯੋਗਤਾ ਦੀ ਪਛਾਣ ਅਤੇ ਮੁਲਾਂਕਣ ਪ੍ਰਣਾਲੀ ਵਿੱਚ ਲੋੜੀਂਦੀਆਂ ਤਬਦੀਲੀਆਂ ਬਾਰੇ ਵੀ ਚਰਚਾ ਕੀਤੀ ਗਈ। ਸਿਖਲਾਈ ਦੌਰਾਨ ਅਧਿਆਪਕਾਂ ਦੀ ਭੂਮਿਕਾ ਨੂੰ ਵਿਸ਼ੇਸ਼ ਮਹੱਤਵ ਦਿੰਦਿਆਂ ਇਸ ਗੱਲ ਤੇ ਜ਼ੋਰ ਦਿੱਤਾ ਗਿਆ ਕਿ ਬਦਲਦੇ ਸਮੇਂ ਅਨੁਸਾਰ ਅਧਿਆਪਕ ਦਾ ਨਿਰੰਤਰ ਸਿੱਖਦੇ ਰਹਿਣਾ ਬਹੁਤ ਜ਼ਰੂਰੀ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਸਿੰਘ ਸਕੂਲ ਚੇਅਰਮੈੱਨ ਯੋਗਿੰਦਰ ਪ੍ਰਸਾਦ ਸ਼ਰਮਾ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਨਵੀਨਤਾ, ਗੁਣਵੱਤਾ ਅਤੇ ਅਧਿਆਪਕਾਂ ਦੇ ਨਿਰੰਤਰ ਪੇਸ਼ੇਵਰ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਗਈ।