- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ਵਿਗੜੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ਸਰਕਾਰ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ
ਪੰਜਾਬ ਅੰਦਰ ਦਿਨ-ਬ-ਦਿਨ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਗੰਭੀਰ ਹੁੰਦੀ ਜਾ ਰਹੀ ਹੈ ਤੇ ਸੂਬੇ 'ਚ ਗੈਂਗਸਟਰਵਾਦ ਪੂਰੀ ਤਰ੍ਹਾਂ ਆਪਣੇ ਪੈਰ ਪਸਾਰ ਚੁੱਕਾ ਹੈ। ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਕਾਰਨ ਅੱਜ ਪੰਜਾਬ ਦਾ ਆਮ ਨਾਗਰਿਕ ਆਪਣੇ ਘਰਾਂ 'ਚ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਹਰ ਵੇਲੇ ਲੋਕਾਂ ਨੂੰ ਆਪਣੀ ਜਾਨ ਤੇ ਮਾਲ ਦਾ ਡਰ ਸਤਾਉਂਦਾ ਰਹਿੰਦਾ ਹੈ। ਇਹ ਗੰਭੀਰ ਚਿੰਤਾ ਦਾ ਪ੍ਰਗਟਾਵਾ ‘ਪੰਜਾਬੀ ਜਾਗਰਣ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਤੇ ਸੀਨੀਅਰ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਯਾਦਵਿੰਦਰ ਸਿੰਘ 'ਬਿੱਟੂ ਦੀਵਾਨਾ' ਨੇ ਕੀਤਾ।
ਅਕਾਲੀ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਆਖਿਆ ਕਿ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ’ਚ ਆਈ ‘ਆਪ’ ਸਰਕਾਰ ਦੇ ਰਾਜ ’ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ। ਅੱਜ ਪੰਜਾਬ ’ਚ ਗੈਂਗਸਟਰ ਸ਼ਰੇਆਮ ਘੁੰਮ ਰਹੇ ਹਨ ਤੇ ਦਿਨ-ਦਿਹਾੜੇ ਲੁੱਟਾਂ-ਖੋਹਾਂ, ਧਮਕੀਆਂ, ਫਿਰੌਤੀਆਂ ਤੇ ਕਤਲ ਵਰਗੀਆਂ ਖ਼ੌਫ਼ਨਾਕ ਘਟਨਾਵਾਂ ਵਾਪਰਨਾ ਨਿੱਤ ਦਾ ਵਰਤਾਰਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸ਼ਰਾਰਤੀ ਅਨਸਰਾਂ ਦੇ ਹੌਸਲੇ ਬੁਲੰਦ ਹਨ ਤੇ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ।
ਅਕਾਲੀ ਨੇਤਾਵਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਕਰਨਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਰਾਜਨੀਤਿਕ ਬਦਲਾਖ਼ੋਰੀ ਛੱਡ ਕੇ ਇਨ੍ਹਾਂ ਮਾੜੇ ਅਨਸਰਾਂ, ਸ਼ਰਾਰਤੀ ਬੰਦਿਆਂ ਤੇ ਗੈਂਗਸਟਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ ਤਾਂ ਜੋ ਪੰਜਾਬ ਅੰਦਰ ਮੁੜ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਹਾਲ ਹੋ ਸਕੇ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਗੁਮਰਾਹਕੁੰਨ ਨੀਤੀਆਂ ਤੇ ਖੋਖਲੇ ਦਾਅਵਿਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਲੋਕਾਂ ਨੂੰ ਹੁਣ ਇਹ ਭਲੀ-ਭਾਂਤ ਸਮਝ ਆ ਚੁੱਕੀ ਹੈ ਕਿ ਸੂਬੇ ’ਚ ਅਮਨ-ਕਾਨੂੰਨ, ਸ਼ਾਂਤੀ ਅਤੇ ਵਾਸਤਵਿਕ ਵਿਕਾਸ ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਲਿਆ ਸਕਦਾ ਹੈ। ਇਸੇ ਲਈ ਪੰਜਾਬ ਦੇ ਸੂਝਵਾਨ ਲੋਕ ਹੁਣ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਸਰਕਾਰ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਬੈਠੇ ਹਨ।